ਕੈਨੇਡਾ ‘ਚ ਰਹਿੰਦੇ ਖਾਲਿਸਤਾਨ ਸਮਰਥਕ ਸਿੱਖ ਗਰੁੱਪਾਂ ਨੇ ਵੀਰਵਾਰ ਨੂੰ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ ਇਤਿਹਾਸਕ ਪ੍ਰਦਰਸ਼ਨ ਕੀਤਾ। ਸਵੇਰੇ 8 ਵਜੇ ਤੋਂ ਸ਼ੁਰੂ ਹੋਇਆ ਇਹ ਘੇਰਾਓ ਰਾਤ 8 ਵਜੇ ਤੱਕ ਜਾਰੀ ਰਿਹਾ।
ਪ੍ਰਦਰਸ਼ਨਕਾਰੀਆਂ ਦੇ ਅਨੁਸਾਰ, ਉਨ੍ਹਾਂ ਦੀ ਮੰਗ ਸਾਫ਼ ਹੈ — ਕੈਨੇਡਾ ਦੀ ਧਰਤੀ ‘ਤੇ ਭਾਰਤੀ ਖੁਫੀਆ ਏਜੰਟਾਂ ਵੱਲੋਂ ਕੀਤੀ ਜਾ ਰਹੀ ਜਾਸੂਸੀ ਅਤੇ ਸਿੱਖਾਂ ਨੂੰ ਮਿਲ ਰਹੀਆਂ ਧਮਕੀਆਂ ਲਈ ਜਵਾਬਦੇਹੀ ਨਿਰਧਾਰਤ ਕੀਤੀ ਜਾਵੇ। ਉਹਨਾਂ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ, ਪਰ ਆਪਣੇ ਹੱਕਾਂ ਲਈ ਉਹ ਡਟ ਕੇ ਖੜੇ ਹਨ।
ਇਹ ਵੀ ਦੱਸਣਯੋਗ ਹੈ ਕਿ 18 ਸਤੰਬਰ 2023 ਨੂੰ ਕੈਨੇਡਾ ਦੇ ਤਤਕਾਲੀਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਵਿੱਚ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ ਸੀ ਕਿ ਸਰਿ, ਬ੍ਰਿਟਿਸ਼ ਕੋਲੰਬੀਆ ‘ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ। ਉਸ ਦਿਨ ਤੋਂ ਲੈ ਕੇ ਅੱਜ ਤੱਕ, ਇਹ ਮਾਮਲਾ ਦੋਨੋਂ ਦੇਸ਼ਾਂ ਦੇ ਰਿਸ਼ਤਿਆਂ ‘ਚ ਤਣਾਅ ਦਾ ਕੇਂਦਰ ਬਣਿਆ ਹੋਇਆ ਹੈ।